ਕਪੂਰਥਲਾ, (21 ਸਤੰਬਰ 2026)

ਜਲੰਧਰ ਰੋਡ ’ਤੇ ਪਿੰਡ ਅਠੌਲਾ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿਤਾ-ਪੁੱਤਰ ਦੀ ਮੌਤ ਹੋ ਗਈ, ਜਦਕਿ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਹਾਦਸੇ ਵਿੱਚ 5 ਸਾਲਾ ਬੱਚੇ ਲਵਕੁਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਕੈਲਾਸ਼ ਨੇ ਹਸਪਤਾਲ ਪਹੁੰਚਣ ਤੋਂ ਬਾਅਦ ਦਮ ਤੋੜ ਦਿੱਤਾ।

ਜਾਣਕਾਰੀ ਮੁਤਾਬਕ ਕੈਲਾਸ਼ (40), ਉਸ ਦੀ ਪਤਨੀ ਗੌਰੀ ਅਤੇ 5 ਸਾਲਾ ਪੁੱਤਰ ਲਵਕੁਸ਼ ਮੋਟਰਸਾਈਕਲ ’ਤੇ ਕਪੂਰਥਲਾ ਤੋਂ ਪਿੰਡ ਅਠੌਲਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਨੇੜੇ ਜਲੰਧਰ ਰੋਡ ’ਤੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਲਵਕੁਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕੈਲਾਸ਼ ਅਤੇ ਉਸ ਦੀ ਪਤਨੀ ਗੌਰੀ ਵੀ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ।

ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਜਸ਼ਨ ਨੇ ਕੈਲਾਸ਼ ਦੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੌਰੀ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਪੁਲਿਸ ਟੀਮ ਸਮੇਤ ਸਿਵਲ ਹਸਪਤਾਲ ਪਹੁੰਚੇ। ਪੁਲਿਸ ਮੁਤਾਬਕ ਹਾਦਸੇ ਸਬੰਧੀ ਜਲੰਧਰ ਨਾਲ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕੈਲਾਸ਼ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *