ਮਾਨਸਾ/ਚੰਡੀਗੜ੍ਹ, 24 ਅਕਤੂਬਰ , 2026

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ ਵਿੱਚ ਸਮਾਜ ਪ੍ਰਤੀ ਗਹਿਰਾ ਜਜ਼ਬਾ ਸੀ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਿਜਦਾ ਕਰਨ ਲਈ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਦੀ ਬੀਜ ਲਗਾਇਆ ਹੈ, ਜਿਸ ਨੂੰ ਪੂਰਾ ਪੰਜਾਬ ਇਕੱਠਾ ਹੋ ਕੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਨਹੀਂ ਵਧਾ ਸਕਿਆ ਸੀ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤਾਂ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਇੱਕ ਗੰਭੀਰ ਸਵਾਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਸ ਮੁਹਿੰਮ ਦਾ ਮਕਸਦ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸੀ, ਪਰ ਇਸ ਲੜਾਈ ਵਿਚ ਪਰਵਿੰਦਰ ਨੂੰ ਆਪਣੀ ਸਹਾਦਤ ਦੇਣੀ ਪਈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਵਿੱਚ ਅੱਜ ਚਿੰਤਾਜਨਕ ਹਾਲਾਤ ਹਨ। ਕਿਤੇ ਕੋਈ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਰਿਹਾ ਹੈ, ਕਿਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਨੂੰ ਜਾਨੋਂ ਹੱਥ ਧੋਣੇ ਪੈ ਰਹੇ ਹਨ ਅਤੇ ਕਿਤੇ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਸਾਡੀਆਂ ਨਸਲਾਂ ਅਤੇ ਸੂਬੇ ਦਾ ਭਵਿੱਖ ਖ਼ਤਰੇ ਵਿੱਚ ਹੈ, ਪਰ ਭਗਵੰਤ ਮਾਨ ਸਰਕਾਰ ਇਨ੍ਹਾਂ ਗੰਭੀਰ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ।
ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਉਠਾਉਣ ਦੀ ਬਜਾਏ ਹਵਾਈ ਅੱਡੇ ‘ਤੇ ਰੋਕੇ ਜਾਣ ਦੇ ਆਪਣੇ ਮਾਮਲੇ ਦਾ ਜ਼ਿਕਰ ਕਰਨ ‘ਤੇ ਸਵਾਲ ਉਠਾਉਂਦਿਆਂ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਦਰਦ ਦੀ ਫਿਕਰ ਨਹੀਂ ਹੈ ਪਰ ਮੁੱਖ ਮੰਤਰੀ ਇਸ ਲਈ ਵਿਰਲਾਪ ਕਰ ਰਿਹਾ ਹੈ ਕਿ ਉਸਨੂੰ ਹਵਾਈ ਅੱਡੇ ਤੇ ਜਾਂਚ ਲਈ ਕਿਉਂ ਰੋਕਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਮੰਤਰੀ ਲੋਕਾਂ ਦੇ ਦੁੱਖ-ਦਰਦ ਸੁਣਨ ਲਈ ਉਨ੍ਹਾਂ ਤੱਕ ਪਹੁੰਚ ਹੀ ਨਹੀਂ ਕਰਦੇ, ਤਾਂ ਇਹ ਲੋਕਤੰਤਰੀ ਜਵਾਬਦੇਹੀ ‘ਤੇ ਵੱਡਾ ਸਵਾਲ ਹੈ। ਉਨ੍ਹਾਂ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇੰਨੇ ਦਿਨ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਕੋਈ ਮੰਤਰੀ ਗੱਲ ਕਰਨ ਲਈ ਅੱਗੇ ਨਹੀਂ ਆਇਆ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਅਣਖ, ਜਜ਼ਬੇ ਅਤੇ ਸੰਘਰਸ਼ ਦੀ ਕਦਰ ਦਿੱਲੀ ਤੋਂ ਆਕੇ ਪੰਜਾਬ ਚਲਾਉਣ ਵਾਲੇ ਨਹੀਂ ਸਮਝ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਮਾਰਾ-ਮਾਰੀ ਦਾ ਮਾਹੌਲ ਹੈ, ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਵੀ ਮੰਡੀਆਂ ਵਿੱਚ ਰੁਲ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਅਤੇ ਪੰਜਾਬ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਸੁਣਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਬਚਾਉਣ ਲਈ ਅੱਗੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਸ ਮੌਕੇ ਸੁਨੀਲ ਜਾਖੜ ਨੇ ਸੀਬੀਆਈ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਘੇਰਾ ਵਧਾਉਂਦਿਆਂ ਹੈੱਡਕੁਆਰਟਰ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਮਾਮਲੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮਾਨਸਾ ਵਿਚ ਨਸ਼ੇ ਦੀ ਸ਼ੁਰੂਆਤ ਕਰਨ ਵਾਲਾ ਡਰੱਗ ਇੰਸਪੈਕਟਰ ਜੋ ਵੱਡੇ ਭ੍ਰਿਸ਼ਟਾਚਾਰ ਨਾਲ ਸਰਕਾਰ ਨੇ ਕਾਬੂ ਕੀਤਾ ਸੀ, ਹੁਣ ਇਸੇ ਮਾਨ ਸਰਕਾਰ ਨੇ ਉਸਨੂੰ ਕਮਾਊ ਪੁੱਤ ਬਣਾ ਕੇ ਹੈਡ ਕੁਆਰਟਰ ਵਿਖੇ ਤਾਇਨਾਤ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਸਦੀ ਜਾਂਚ ਹੋਵੇ ਤਾਂ ਕਈ ਵੱਡੇ ਰਾਜ ਸਾਹਮਣੇ ਆਉਣਗੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਦਾ ਅਸਲ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਅਤੇ ਪਤਨੀ ਵੱਲੋਂ ਇਸ ਅਸਹਿ ਦੁੱਖ ਵਿਚ ਵੀ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਉਨ੍ਹਾਂ ਨੁੰ ਸਿਜਦਾ ਕੀਤਾ ਅਤੇ ਕਿਹਾ ਕਿ ਉਹ ਪਰਿਵਾਰ ਨਾਲ ਡੱਟ ਕੇ ਖੜ੍ਹੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਆਪ ਪਾਰਟੀ ਦੇ ਵਿਧਾਇਕ ਤਾਂ ਬੰਧੂਆਂ ਮਜਦੂਰ ਹੋ ਸਕਦੇ ਹਨ ਪਰ ਪੰਜਾਬ ਬੰਧੂਆ ਮਜਦੂਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਭ ਕੁਝ ਵੇਖ ਰਿਹਾ ਹੈ ਅਤੇ ਇਸ ਦਾ ਸਮਾਂ ਆਉਣ ਤੇ ਹਿਸਾਬ ਵੀ ਕਰੇਗਾ।

Leave a Reply

Your email address will not be published. Required fields are marked *