ਨਵੀਂ ਦਿੱਲੀ, 30 ਅਕਤੂਬਰ:, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਅੱਜ ਦਿੱਲੀ ਵਿੱਚ ਪਾਰਟੀ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਣਗੇ।

ਅਮਨ ਅਰੋੜਾ ਅਤੇ ਹਰਪਾਲ ਚੀਮਾ ਵੀ ਹੋਣਗੇ ਸ਼ਾਮਲ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਇਸ ਮੀਟਿੰਗ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ। ਮੀਟਿੰਗ ਵਿੱਚ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਉਮੀਦਵਾਰਾਂ ਦੀ ਚੋਣ ਵੀ ਹੋ ਸਕਦੀ ਹੈ ਚਰਚਾ ਦਾ ਹਿੱਸਾ

ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਚੋਣ ਪ੍ਰਬੰਧਨ ਬਾਰੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਪਾਰਟੀ ਵੱਲੋਂ ਨਵੰਬਰ ਦੇ ਪਹਿਲੇ ਅੱਧ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦੀ ਵੀ ਚਰਚਾ ਹੈ, ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।

2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਤੈਅ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *