ਸੁਲਤਾਨਪੁਰ ਲੋਧੀ, 24 ਨਵੰਬਰ, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੀ ਸਿਆਸਤ, ਅਕਾਲੀ-ਭਾਜਪਾ ਗੱਠਜੋੜ, ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰੋਜੈਕਟ, ਕਿਸਾਨਾਂ ਨੂੰ ਖਾਦ ਦੀ ਸਪਲਾਈ ਅਤੇ ਸੂਬੇ ਦੇ ਵਿਕਾਸ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ।

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਆਪਸੀ ਪਿਆਰ, ਭਾਈਚਾਰੇ ਤੇ ਸ਼ਾਂਤੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਲਈ ਪ੍ਰੇਰਨਾ ਦਾ ਸਰੋਤ ਹਨ।

ਸਮਾਰਟ ਸਿਟੀ ਦੇ ਕੰਮਾਂ ਬਾਰੇ ਪੁੱਛੇ ਸਵਾਲ ’ਤੇ ਮੋਦੀ ਦੇ ਵਾਅਦੇ ਦਾ ਦਿੱਤਾ ਭਰੋਸਾ

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੇ ਐਲਾਨਾਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਨਜ਼ਰ ਨਾ ਆਉਣ ਸਬੰਧੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਤਾਂ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ ਹੈ, ਉਹ ਜ਼ਰੂਰ ਪੂਰਾ ਕਰਨਗੇ।

ਉਨ੍ਹਾਂ ਦੇ ਇਸ ਬਿਆਨ ਨਾਲ ਸਮਾਰਟ ਸਿਟੀ ਪ੍ਰੋਜੈਕਟ ਨੂੰ ਲੈ ਕੇ ਇਲਾਕਾ ਵਾਸੀਆਂ ਦੀਆਂ ਉਮੀਦਾਂ ਮੁੜ ਜਾਗੀਆਂ ਹਨ। ਜ਼ਿਕਰਯੋਗ ਹੈ ਕਿ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੀ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ।

ਅਕਾਲੀ-ਭਾਜਪਾ ਗੱਠਜੋੜ ਬਾਰੇ ਬੋਲੇ- ਹਾਲੇ ਉਡੀਕ ਕਰੋ

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, “ਹਾਲੇ ਉਡੀਕ ਕਰੋ, ਸਭ ਠੀਕ ਹੋ ਜਾਵੇਗਾ।”

ਗੱਠਜੋੜ ਵਿੱਚ ਵੱਡੇ ਭਰਾ ਅਤੇ ਛੋਟੇ ਭਰਾ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਭਰਾ ਤਾਂ ਭਰਾ ਹੁੰਦਾ ਹੈ, ਵੱਡਾ ਜਾਂ ਛੋਟਾ ਹੋਣ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ। ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਵਿੱਚ ਅਕਾਲੀ-ਭਾਜਪਾ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।

ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦਾ ਹਰ ਵਰਗ ਹੋਵੇਗਾ ਖੁਸ਼ਹਾਲ: ਚੌਹਾਨ

ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਦੀਆਂ ਸਰਕਾਰਾਂ ਨੂੰ ਨਕਾਰ ਚੁੱਕੇ ਹਨ ਅਤੇ ਹੁਣ ਸੂਬੇ ਵਿੱਚ ਭਾਜਪਾ ਨੂੰ ਮੌਕਾ ਮਿਲਣ ਦੀ ਵਾਰੀ ਹੈ।

ਖਾਦ ਦੀ ਕਿੱਲਤ ਦੇ ਮੁੱਦੇ ’ਤੇ ਵੀ ਦਿੱਤਾ ਜਵਾਬ

ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਘਾਟ ਦਾ ਸਾਹਮਣਾ ਕਰਨ ਸਬੰਧੀ ਪੁੱਛੇ ਸਵਾਲ ’ਤੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੂਬੇ ਵਿੱਚ ਖਾਦ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਪਰ ਕੇਂਦਰ ਸਰਕਾਰ ਕੋਲ ਖਾਦ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਨੇ ਇੱਕ ਪਾਸੇ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਭਰੋਸਾ ਜਤਾਇਆ, ਉੱਥੇ ਹੀ ਦੂਜੇ ਪਾਸੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਵਿਕਾਸ ਸਬੰਧੀ ਪ੍ਰਧਾਨ ਮੰਤਰੀ ਦੇ ਐਲਾਨ ਨੂੰ ਪੂਰਾ ਕਰਨ ਦੀ ਗੱਲ ਵੀ ਦੁਹਰਾਈ।

Leave a Reply

Your email address will not be published. Required fields are marked *