
17 ਮਾਰਚ 2026
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੁੱਕਰਵਾਰ ਨੂੰ ਦਿੱਲੀ ਸਕੱਤਰੇਤ ਵਿਖੇ ਆਯੋਜਿਤ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਰਾਜਧਾਨੀ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਦਿੱਲੀ ਦੇ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਪਰ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਟੈਂਡਰ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਮਾਰਚ ਦੇ ਅੰਤ ਤੱਕ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਮਾਨਸੂਨ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਦੇ ਸਾਰੇ ਪ੍ਰਮੁੱਖ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ ਤਾਂ ਜੋ ਆਮ ਜਨਤਾ ਨੂੰ ਬਾਰਿਸ਼ਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਮੀਖਿਆ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ‘ਮੁੱਖ ਮੰਤਰੀ ਵਿਕਾਸ ਫੰਡ’, ‘ਦਿੱਲੀ ਪਿੰਡ ਵਿਕਾਸ ਬੋਰਡ’ (DVDB) ਅਤੇ ‘ਟਰਾਂਸ-ਯਮੁਨਾ ਖੇਤਰ ਵਿਕਾਸ ਬੋਰਡ’ (TYADB) ਅਧੀਨ ਕੀਤੇ ਜਾ ਰਹੇ ਕਾਰਜਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਡੀ.ਵੀ.ਡੀ.ਬੀ. ਦੇ ਚੇਅਰਮੈਨ ਰਾਜਕੁਮਾਰ ਚੌਹਾਨ, ਟੀ.ਵਾਈ.ਏ.ਡੀ.ਬੀ. ਦੇ ਚੇਅਰਮੈਨ ਅਰਵਿੰਦਰ ਸਿੰਘ ਲਵਲੀ ਅਤੇ ਹੋਰ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਵਿਕਾਸ ਪ੍ਰੋਜੈਕਟਾਂ ਲਈ 3,786 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਦੀ ਰਫ਼ਤਾਰ ਜ਼ਮੀਨੀ ਪੱਧਰ ‘ਤੇ ਸਾਫ਼ ਦਿਖਾਈ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਟਰਾਂਸ-ਯਮੁਨਾ ਖੇਤਰ ਅਤੇ ਪੇਂਡੂ ਦਿੱਲੀ ਦੇ ਵਿਕਾਸ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ।
ਇਸ ਤੋਂ ਇਲਾਵਾ, ਮੀਟਿੰਗ ਵਿੱਚ ਦਿੱਲੀ ਦੇ ਸੜਕਾਂ ਦੇ ਨਵੀਨੀਕਰਨ, ਨਾਲਿਆਂ ਦੀ ਸਫ਼ਾਈ ਅਤੇ ਜਨਤਕ ਸਹੂਲਤਾਂ ਦੇ ਸੁਧਾਰ ਬਾਰੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਕੰਮ ਪੂਰਾ ਨਾ ਹੋਇਆ ਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਰੋਜ਼ਾਨਾ ਅਧਾਰ ‘ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ।
ਦਿੱਲੀ ਦੀ ਜਨਤਾ ਨੂੰ ਬਿਹਤਰ ਸਹੂਲਤਾਂ ਦੇਣ ਦੇ ਉਦੇਸ਼ ਨਾਲ, ਰੇਖਾ ਗੁਪਤਾ ਨੇ ਇਹ ਵੀ ਭਰੋਸਾ ਦਿੱਤਾ ਕਿ ਨਵੇਂ ਪ੍ਰੋਜੈਕਟਾਂ ਦੇ ਨਾਲ-ਨਾਲ ਪੁਰਾਣੇ ਅਧੂਰੇ ਪਏ ਕਾਰਜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਇੱਕ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੇਤਰੀ ਦੌਰੇ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰਨ।
