ਅੰਮ੍ਰਿਤਸਰ/ਚੰਡੀਗੜ੍ਹ, 30 ਅਕਤੂਬਰ, 2026

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰੇ ਲਈ ਨਿਯੁਕਤ ਨੋਡਲ ਅਫ਼ਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ ਗਿਆ ਹੈ।

ਦੋਵਾਂ ਕਮੇਟੀਆਂ ਵਿਚਾਲੇ ਤਾਲਮੇਲ ਬਣਾਉਣ ਦੀ ਕੋਸ਼ਿਸ਼

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਦਾ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਕਾਰ ਵੱਲੋਂ ਬਣਾਈਆਂ ਕਮੇਟੀਆਂ ਵਿਚਾਲੇ ਗੱਲਬਾਤ ਅਤੇ ਤਾਲਮੇਲ ਯਕੀਨੀ ਬਣਾਉਣਾ ਹੈ। ਪੀਸੀਐੱਸ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਇਸ ਪ੍ਰਕਿਰਿਆ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਕਾਨੂੰਨ ਦੀਆਂ ਕੁਝ ਵਿਵਸਥਾਵਾਂ ’ਤੇ ਉਠੇ ਹਨ ਇਤਰਾਜ਼

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 13 ਅਪ੍ਰੈਲ 2026 ਨੂੰ ਇਸ ਕਾਨੂੰਨ ਵਿੱਚ ਸੋਧਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨ ਦੀਆਂ ਕੁਝ ਵਿਵਸਥਾਵਾਂ ’ਤੇ ਇਤਰਾਜ਼ ਅਤੇ ਸੁਝਾਅ ਦਿੱਤੇ ਗਏ ਸਨ। ਇਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਸਬੰਧੀ ਸ਼ਬਦਾਵਲੀ, ਸਰਪ੍ਰਸਤ ਦੀ ਭੂਮਿਕਾ ਅਤੇ ਰਿਕਾਰਡ ਰੱਖਣ ਵਰਗੇ ਮੁੱਦੇ ਸ਼ਾਮਲ ਹਨ।

ਅੱਗੇ ਹੋ ਸਕਦੀ ਹੈ ਸਾਂਝੀ ਬੈਠਕ

ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦਾ ਕੰਮ ਅਕਾਲ ਤਖ਼ਤ ਸਾਹਿਬ ਅਤੇ ਐੱਸਜੀਪੀਸੀ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਚਾਰ ਕਰਨਾ ਅਤੇ ਸਰਕਾਰ ਨੂੰ ਸੁਝਾਅ ਦੇਣਾ ਹੈ। ਹੁਣ ਦੋਵਾਂ ਧਿਰਾਂ ਵਿਚਾਲੇ ਤਾਲਮੇਲ ਅਤੇ ਵਿਚਾਰ-ਵਟਾਂਦਰੇ ਰਾਹੀਂ ਸੋਧਾਂ ਸਬੰਧੀ ਅਗਲੀ ਕਾਰਵਾਈ ਤੈਅ ਹੋਣ ਦੀ ਉਮੀਦ ਹੈ।

Leave a Reply

Your email address will not be published. Required fields are marked *