ਚੰਡੀਗੜ੍ਹ, 9 ਨਵੰਬਰ:, 2026
ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਲਿਆਂਦਾ ਹੈ। ਉਸ ਨੂੰ 10 ਮਹੀਨਿਆਂ ਦੀ ਕੌਮਾਂਤਰੀ ਭਾਲ ਤੋਂ ਬਾਅਦ ‘ਆਪ੍ਰੇਸ਼ਨ ਸ਼ਹੀਦ’ ਤਹਿਤ ਡਿਪੋਰਟ ਕਰਵਾਇਆ ਗਿਆ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
35 ਅਪਰਾਧਿਕ ਮਾਮਲਿਆਂ ’ਚ ਲੋੜੀਂਦਾ
ਪੁਲਿਸ ਅਨੁਸਾਰ ਗੁਰਵਿੰਦਰ ਅਫਰੀਦੀ ਡੋਨੀ ਬੱਲ-ਪ੍ਰਭ ਦਾਸੂਵਾਲ ਗੈਂਗ ਦਾ ਅਹਿਮ ਮੈਂਬਰ ਹੈ ਅਤੇ ਉਸ ਖ਼ਿਲਾਫ਼ 35 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਪੰਜ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਅਤੇ ਅਸਲਾ ਐਕਟ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਲਈ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।
ਜਾਅਲੀ ਪਾਸਪੋਰਟ ਰਾਹੀਂ ਵਿਦੇਸ਼ ਭੱਜਿਆ ਸੀ
ਪੁਲਿਸ ਦੇ ਦੱਸਣ ਮੁਤਾਬਕ ਅਫਰੀਦੀ 31 ਮਾਰਚ 2025 ਨੂੰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਭਾਰਤ ਤੋਂ UAE ਭੱਜ ਗਿਆ ਸੀ। ਇਸ ਤੋਂ ਬਾਅਦ ਉਹ ਕਈ ਦੇਸ਼ਾਂ ਵਿੱਚ ਆਪਣੀ ਪਛਾਣ ਲੁਕਾ ਕੇ ਰਿਹਾ। ਪੁਲਿਸ ਨੇ ਉਸ ਦੀ ਭਾਲ ਲਈ ਵੱਖ-ਵੱਖ ਦੇਸ਼ਾਂ ਦੀਆਂ ਏਜੰਸੀਆਂ ਨਾਲ ਤਾਲਮੇਲ ਕੀਤਾ।
ਪੰਜਾਬ ਪੁਲਿਸ ਦੀ ਪਹਿਲੀ ਅਜਿਹੀ ਕਾਰਵਾਈ
ਡੀਜੀਪੀ ਗੌਰਵ ਯਾਦਵ ਅਨੁਸਾਰ, ਕਿਸੇ ਅਫ਼ਰੀਕੀ ਦੇਸ਼ ਤੋਂ ਭਗੌੜੇ ਨੂੰ ਵਾਪਸ ਲਿਆਉਣ ਵਿੱਚ ਪੰਜਾਬ ਪੁਲਿਸ ਦੀ ਇਹ ਪਹਿਲੀ ਸਫਲ ਕਾਰਵਾਈ ਹੈ। ਇਸ ਮੁਹਿੰਮ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (OFTEC) ਅਤੇ ਕੇਂਦਰੀ ਏਜੰਸੀਆਂ ਨੇ ਸਹਿਯੋਗ ਦਿੱਤਾ।

