ਨਵੀਂ ਦਿੱਲੀ, 3 ਨਵੰਬਰ 2026

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਤਿੰਨ ਮਹੀਨਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਹ ਫ਼ੈਸਲਾ ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਲਿਆ ਗਿਆ ਹੈ।

IB ਨੇ ਪੰਜਾਬ ਚੋਣਾਂ ’ਤੇ ਪੈ ਸਕਣ ਵਾਲੇ ਅਸਰ ਬਾਰੇ ਜਤਾਈ ਚਿੰਤਾ

ਸੁਣਵਾਈ ਦੌਰਾਨ ਇੰਟੈਲੀਜੈਂਸ ਬਿਊਰੋ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਅਸਰ ਪੈ ਸਕਦਾ ਹੈ। ਏਜੰਸੀ ਨੇ ਉਨ੍ਹਾਂ ਨੂੰ ਉੱਚ-ਖ਼ਤਰੇ ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਰੱਖਦਿਆਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਸੁਪਰੀਮ ਕੋਰਟ ਨੇ ਰਿਪੋਰਟ ਨੂੰ ਦੱਸਿਆ ਗੰਭੀਰ

ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਨੇ IB ਦੀ ਰਿਪੋਰਟ ਨੂੰ ਬਹੁਤ ਗੰਭੀਰ ਦੱਸਿਆ। ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਜੇਕਰ ਚੋਣਾਂ ਕਾਰਨ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੀ ਲੋੜ ਹੈ ਤਾਂ ਇਸ ਨੂੰ ਤਿੰਨ ਮਹੀਨਿਆਂ ਬਾਅਦ ਸੁਣਿਆ ਜਾ ਸਕਦਾ ਹੈ। ਅਦਾਲਤ ਨੇ ਇਸ ਸੁਝਾਅ ਨੂੰ ਸਵੀਕਾਰ ਕਰਦਿਆਂ ਮਾਮਲਾ ਫਰਵਰੀ 2027 ਲਈ ਸੂਚੀਬੱਧ ਕਰ ਦਿੱਤਾ।

ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਜੇਲ੍ਹ ’ਚ ਤਬਦੀਲੀ ਦੀ ਮੰਗ

ਹਵਾਰਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਹ ਪੰਜਾਬ ਦਾ ਵਸਨੀਕ ਹੈ ਅਤੇ ਆਪਣੀ ਬਜ਼ੁਰਗ ਤੇ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਹੋਣਾ ਚਾਹੁੰਦਾ ਹੈ। ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਮਾਤਾ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਦੀ ਮੰਗ ਵੀ ਉਠਾਈ।

1995 ਦੇ ਬੇਅੰਤ ਸਿੰਘ ਕਤਲ ਕੇਸ ਵਿੱਚ ਕੱਟ ਰਹੇ ਹਨ ਸਜ਼ਾ

31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਹਵਾਰਾ ਨੂੰ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2010 ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

Leave a Reply

Your email address will not be published. Required fields are marked *