ਚੰਡੀਗੜ੍ਹ, 13 ਅਗਸਤ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੀ ਹਿੰਸਕ ਘਟਨਾ ਵਾਪਰਨਾ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿੱਚ ਕੋਈ ਸਥਾਨ ਨਹੀਂ ਹੈ ਅਤੇ ਧਾਰਮਿਕ ਅਸਥਾਨਾਂ ਦੀ ਪਾਵਨ ਮਰਿਆਦਾ ਨੂੰ ਭੰਗ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਢਿੱਲੋਂ ਨੇ ਕਿਹਾ ਕਿ ਸਾਡੇ ਕਿਸੇ ਨਾਲ ਵੀ ਰਾਜਨੀਤਿਕ ਵਖਰੇਵੇਂ ਵੱਖਰੀ ਗੱਲ ਹੈ ਪਰ ਇਸ ਤਰ੍ਹਾਂ ਦੀ ਹਿੰਸਾ ਜਾਂ ਹਮਲਾ ਬੇਹੱਦ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਾਵਨ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਹਿੰਸਾ ਦਾ ਵਾਪਰਨਾ ਸਮੁੱਚੀ ਸਿੱਖ ਸੰਗਤ ਅਤੇ ਸ਼ਾਂਤੀ ਪਸੰਦ ਲੋਕਾਂ ਲਈ ਬੇਹੱਦ ਦੁਖਦਾਈ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਹਨਾਂ ਸਮੂਹ ਪੰਜਾਬੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ, ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਭੜਕਾਊ ਕਾਰਵਾਈ ਤੋਂ ਦੂਰ ਰਹਿਣ।

Leave a Reply

Your email address will not be published. Required fields are marked *