ਚੰਡੀਗੜ੍ਹ, 24 ਨਵੰਬਰ, 2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਸ ਗੱਠਜੋੜ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਸਮਝੌਤਾ ਪੰਜਾਬ ਦੀ ਭਲਾਈ ਲਈ ਨਹੀਂ, ਸਗੋਂ ਸੱਤਾ ਹਾਸਲ ਕਰਨ ਦੀ ਲਾਲਸਾ ਕਾਰਨ ਕੀਤਾ ਗਿਆ ਹੈ।

ਚੰਨੀ ਨੇ ਕਿਹਾ ਕਿ ਜੇਕਰ ਇਹ ਗੱਠਜੋੜ ਸੱਚਮੁੱਚ ਪੰਜਾਬ ਦੇ ਹਿੱਤਾਂ ਲਈ ਹੁੰਦਾ ਤਾਂ ਅਕਾਲੀ ਦਲ ਨੂੰ ਪਹਿਲਾਂ ਕੇਂਦਰ ਸਰਕਾਰ ਤੋਂ ਪੰਜਾਬ ਦੀਆਂ ਅਹਿਮ ਮੰਗਾਂ ਬਾਰੇ ਸਪੱਸ਼ਟ ਐਲਾਨ ਕਰਵਾਉਣਾ ਚਾਹੀਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮੁੱਦਿਆਂ ’ਤੇ ਅਕਾਲੀ ਦਲ ਦਾ ਕੀ ਸਟੈਂਡ ਹੈ।

MSP ਦੀ ਕਾਨੂੰਨੀ ਗਾਰੰਟੀ ’ਤੇ ਵੀ ਚੁੱਕੇ ਸਵਾਲ

ਚਰਨਜੀਤ ਸਿੰਘ ਚੰਨੀ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਗਾਰੰਟੀ ਦੇਣ ਦੇ ਮੁੱਦੇ ’ਤੇ ਵੀ ਕੇਂਦਰ ਸਰਕਾਰ ਅਤੇ ਅਕਾਲੀ ਦਲ ਨੂੰ ਘੇਰਿਆ। ਉਨ੍ਹਾਂ ਦੱਸਿਆ ਕਿ ਉਹ ਸੰਸਦ ਦੀ ਖੇਤੀਬਾੜੀ ਸਬੰਧੀ ਸਥਾਈ ਕਮੇਟੀ ਦੇ ਚੇਅਰਮੈਨ ਹਨ ਅਤੇ ਕਮੇਟੀ ਵੱਲੋਂ MSP ਨੂੰ ਕਾਨੂੰਨੀ ਗਾਰੰਟੀ ਦੇਣ ਦੀ ਸਿਫ਼ਾਰਸ਼ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਇਸ ਅਹਿਮ ਮੰਗ ’ਤੇ ਨਾ ਤਾਂ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਕਦਮ ਚੁੱਕਿਆ ਗਿਆ ਹੈ ਅਤੇ ਨਾ ਹੀ ਅਕਾਲੀ ਦਲ ਇਸ ਬਾਰੇ ਕੁਝ ਬੋਲ ਰਿਹਾ ਹੈ।

ਬੇਅਦਬੀ ਮਾਮਲਿਆਂ ਨੂੰ ਲੈ ਕੇ ਸੁਖਬੀਰ ਬਾਦਲ ’ਤੇ ਨਿਸ਼ਾਨਾ

ਚੰਨੀ ਨੇ ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ। ਉਨ੍ਹਾਂ ਪੁੱਛਿਆ ਕਿ ਕੀ ਸੁਖਬੀਰ ਬਾਦਲ ਨੂੰ ਬੇਅਦਬੀ ਦੇ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੇ ਬਰੀ ਕਰ ਦਿੱਤਾ ਹੈ? ਉਨ੍ਹਾਂ ਅਕਾਲੀ-ਭਾਜਪਾ ਸਮਝੌਤੇ ਨੂੰ ਪੰਜਾਬ ਲਈ ਖ਼ਤਰਨਾਕ ਕਰਾਰ ਦਿੱਤਾ।

ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਅਤੇ ‘ਆਪ’ ਨੂੰ ਘੇਰਿਆ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਵਾਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਫੈਲਾਅ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜਿੰਨੇ ਜ਼ਿੰਮੇਵਾਰ ਹਨ, ਓਨੀ ਹੀ ਭਾਜਪਾ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕਿਸ ਨੇ ਰੋਕਿਆ ਹੈ।

ਇਸ ਦੇ ਨਾਲ ਹੀ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਵੀ ਟਿੱਪਣੀ ਕੀਤੀ।

ਕਿਹਾ- ਪੰਜਾਬ ਨੂੰ ਆਪਣੇ ਹੱਕਾਂ ਲਈ ਲੜਨ ਵਾਲੇ ਆਗੂਆਂ ਦੀ ਲੋੜ

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਆਗੂਆਂ ਦੀ ਲੋੜ ਹੈ ਜੋ ਸੂਬੇ ਦੇ ਹਿੱਤਾਂ ਲਈ ਡਟ ਕੇ ਖੜ੍ਹੇ ਹੋਣ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਭਾਜਪਾ ਅਤੇ ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵੀ ਟਿੱਪਣੀ ਕੀਤੀ।

ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਗੱਠਜੋੜ ਅਤੇ ਇਸ ਨੂੰ ਲੈ ਕੇ ਹੋ ਰਹੀ ਬਿਆਨਬਾਜ਼ੀ ਸੂਬੇ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ।

Leave a Reply

Your email address will not be published. Required fields are marked *