ਫਗਵਾੜਾ, 28 ਸਤੰਬਰ 2026
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਪਿਛਲੇ ਦਿਨਾਂ ਦੌਰਾਨ ਹੋਏ ਵਿਦਿਆਰਥੀ ਪ੍ਰਦਰਸ਼ਨ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਪੰਜਾਬ ਦੇ DGP ਗੌਰਵ ਯਾਦਵ ਸੋਮਵਾਰ ਨੂੰ ਯੂਨੀਵਰਸਿਟੀ ਕੈਂਪਸ ਪਹੁੰਚੇ। ਉਨ੍ਹਾਂ ਨੇ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।
DGP ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਅਤੇ ਪੁਲਿਸ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨਾਂ ਦੌਰਾਨ ਪ੍ਰਦਰਸ਼ਨ ਵਿੱਚ ਪਥਰਾਅ, ਤੋੜਫੋੜ ਅਤੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
DGP ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਮਤਭੇਦ ਸਨ, ਜਿਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਗਰਲਜ਼ ਹੋਸਟਲ ਵਿੱਚ ਸਿਰਫ਼ ਮਹਿਲਾ ਵਰਕਰਾਂ ਦੀ ਤਾਇਨਾਤੀ ਸਬੰਧੀ ਵਿਦਿਆਰਥੀਆਂ ਦੀ ਮੰਗ ’ਤੇ ਵੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ LPU ਮਾਮਲੇ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਅਤੇ DGP ਗੌਰਵ ਯਾਦਵ ਨੂੰ ਖੁਦ ਯੂਨੀਵਰਸਿਟੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਸੀ।
ਉੱਧਰ, LPU ਵੱਲੋਂ 28 ਸਤੰਬਰ ਤੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ SIT ਵੀ ਬਣਾਈ ਗਈ ਹੈ।

