ਮੋਹਾਲੀ, 12 ਨਵੰਬਰ:, 2026

ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਧਾਰਾ 365 ਤਹਿਤ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਧਾਰਾ 120-B ਤਹਿਤ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ।

ਸੁਰੱਖਿਆ ਗਾਰਡ ਨੂੰ ਕੀਤਾ ਬਰੀ

ਇਸੇ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। ਸਜ਼ਾ ਸੁਣਾਏ ਜਾਣ ਸਮੇਂ ਗੁਰਮੀਤ ਸਿੰਘ ਰੰਧਾਵਾ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਆਪਣੀ 71 ਸਾਲ ਦੀ ਉਮਰ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਨਰਮੀ ਦੀ ਅਪੀਲ ਕੀਤੀ ਸੀ।

25 ਨਵੰਬਰ 1992 ਨੂੰ ਵਿਆਹ ਸਮਾਗਮ ਤੋਂ ਲਿਜਾਇਆ ਗਿਆ ਸੀ

ਮਾਮਲੇ ਅਨੁਸਾਰ, ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ 25 ਨਵੰਬਰ 1992 ਨੂੰ ਆਪਣੇ ਸਾਲੇ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।

34 ਸਾਲ ਬਾਅਦ ਆਇਆ ਅਦਾਲਤ ਦਾ ਫੈਸਲਾ

ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ ਸੀ। ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ 11 ਨਵੰਬਰ ਨੂੰ ਅਦਾਲਤ ਨੇ ਸਾਬਕਾ ਐੱਸਐੱਸਪੀ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ 12 ਨਵੰਬਰ ਨੂੰ ਸਜ਼ਾ ਦਾ ਐਲਾਨ ਕੀਤਾ। ਹੁਣ ਸਾਬਕਾ ਪੁਲਿਸ ਅਧਿਕਾਰੀ ਪਟਿਆਲਾ ਜੇਲ੍ਹ ਵਿੱਚ ਆਪਣੀ ਸਜ਼ਾ ਭੁਗਤਣਗੇ।

Leave a Reply

Your email address will not be published. Required fields are marked *