ਚੰਡੀਗੜ੍ਹ, 13 ਨਵੰਬਰ 2026

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਟਿਕਟ ਕੱਟੇ ਜਾਣ ਮਗਰੋਂ ਉਨ੍ਹਾਂ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। ਬਾਬੂਸ਼ਾਹੀ ਨੈੱਟਵਰਕ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਪਾਰਟੀ ਉਨ੍ਹਾਂ ਨੂੰ ਮੁੜ ਲੰਬੀ ਤੋਂ ਟਿਕਟ ਨਹੀਂ ਦੇਵੇਗੀ।

ਟਿਕਟ ਦੇਣ ਜਾਂ ਨਾ ਦੇਣ ਦਾ ਅਧਿਕਾਰ ਪਾਰਟੀ ਕੋਲ

ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਅਤੇ ਵਿਧਾਇਕ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਈਆਂ ਹਨ। ਉਨ੍ਹਾਂ ਅਨੁਸਾਰ, ਟਿਕਟ ਦੇਣ ਜਾਂ ਨਾ ਦੇਣ ਦਾ ਫ਼ੈਸਲਾ ਪਾਰਟੀ ਹਾਈਕਮਾਂਡ ਦਾ ਅਧਿਕਾਰ ਹੈ ਅਤੇ ਇਸ ਫ਼ੈਸਲੇ ਪਿੱਛੇ ਕੀ ਕਾਰਨ ਹਨ, ਇਹ ਸਿਰਫ਼ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੀ ਜਾਣਦੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵਿਧਾਇਕ ਅਤੇ ਬਾਅਦ ਵਿੱਚ ਮੰਤਰੀ ਬਣਨ ਦਾ ਮੌਕਾ ਦਿੱਤਾ। ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਬਹੁਤ ਪਿਆਰ ਅਤੇ ਸਤਿਕਾਰ ਮਿਲਿਆ ਹੈ।

ਭਤੀਜੇ ਨੂੰ ਟਿਕਟ ਮਿਲਣ ’ਤੇ ਨਹੀਂ ਕੋਈ ਇਤਰਾਜ਼

ਲੰਬੀ ਤੋਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦਿੱਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਹਨ ਅਤੇ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਵੀ ਕੰਮ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਵਾਂ ਵਿਚਕਾਰ ਕੋਈ ਮਤਭੇਦ ਨਹੀਂ ਹਨ।

ਮੌੜ ਤੋਂ ਚੋਣ ਲੜਨ ਦੀ ਚਰਚਾ ਬਾਰੇ ਵੀ ਦਿੱਤਾ ਜਵਾਬ

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਪਾਰਟੀ ਉਨ੍ਹਾਂ ਨੂੰ ਕਿਸੇ ਹੋਰ ਹਲਕੇ, ਖ਼ਾਸ ਕਰਕੇ ਮੌੜ ਤੋਂ ਚੋਣ ਲੜਵਾ ਸਕਦੀ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਮੌੜ ਤੋਂ ਟਿਕਟ ਮਿਲਣ ਦੀਆਂ ਚਰਚਾਵਾਂ ਸੁਣਨ ਦੀ ਗੱਲ ਤਾਂ ਮੰਨੀ, ਪਰ ਕਿਸੇ ਪੁਸ਼ਟੀ ਤੋਂ ਇਨਕਾਰ ਕੀਤਾ।

ਝੋਟਾ ਮਾਮਲੇ ’ਚ ਆਪਣੀ ਭੂਮਿਕਾ ਦਾ ਵੀ ਕੀਤਾ ਜ਼ਿਕਰ

ਖੁੱਡੀਆਂ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਉਨ੍ਹਾਂ ਨੇ ਪੂਰੀ ਵਚਨਬੱਧਤਾ ਨਾਲ ਨਿਭਾਈ ਸੀ ਅਤੇ ਸਰਕਾਰ, ਐਕਸ਼ਨ ਕਮੇਟੀ ਤੇ ਝੋਟਾ ਪਰਿਵਾਰ ਵਿਚਕਾਰ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਵਿੱਚ ਭੂਮਿਕਾ ਨਿਭਾਈ ਸੀ।

ਜ਼ਿਕਰਯੋਗ ਹੈ ਕਿ ‘ਆਪ’ ਨੇ ਆਪਣੀ ਦੂਜੀ ਸੂਚੀ ਵਿੱਚ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।

Leave a Reply

Your email address will not be published. Required fields are marked *