ਚੰਡੀਗੜ੍ਹ : 05 ਅਕਤੂਬਰ, 2026

ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਦਿਨ-ਦਿਹਾੜੇ ਕਤਲ ਹੋ ਰਹੇ ਹਨ। ਅਪਰਾਧੀ ਬੇਖੌਫ਼ ਹੋ ਕੇ ਘੁੰਮ ਰਹੇ ਹਨ, ਪੰਜਾਬ ਜਲ ਰਿਹਾ ਹੈ ਤੇ ਮੁੱਖ ਮੰਤਰੀ ਚੁਟਕਲੇ ਸੁਣਾਉਣ ਵਿੱਚ ਲੱਗੇ ਹੋਏ ਹਨ। ਇਹ ਗੱਲਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਹੀਆਂ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਇੱਕੋ ਦਿਨ ਵਿੱਚ ਕਤਲ ਦੀਆਂ ਤਿੰਨ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਅਸਲ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਦਿਨ-ਦਿਹਾੜੇ ਕਤਲ, ਲੁਧਿਆਣਾ ਵਿੱਚ ਸਾਬਕਾ ਸਰਪੰਚ ਸਮੇਤ ਦੋ ਵਿਅਕਤੀਆਂ ਨੂੰ ਕਾਰ ਵਿੱਚ ਗੋਲੀਆਂ ਮਾਰਨ ਦੀ ਘਟਨਾ ਅਤੇ ਖਡੂਰ ਸਾਹਿਬ ਵਿੱਚ ਐਸਡੀਐਮ ਗੈਸਟ ਹਾਊਸ ਨੇੜੇ ਇੱਕ ਨੌਜਵਾਨ ਦਾ ਕਤਲ ਇਹ ਦੱਸਣ ਲਈ ਕਾਫ਼ੀ ਹੈ ਕਿ ਪੰਜਾਬ ਵਿੱਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਕੀ ਉਹ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲੈਣਗੇ? ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਕਦੋਂ ਮਿਲੇਗਾ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਦਾਅਵੇ ਕਰਦੇ ਹਨ, ਪਰ ਜਦੋਂ ਆਮ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਸਰਕਾਰ ਕਿਹੜੀ ਕਾਨੂੰਨ-ਵਿਵਸਥਾ ਦੀ ਗੱਲ ਕਰ ਰਹੀ ਹੈ? ਢਿੱਲੋਂ ਨੇ ਕਿਹਾ ਕਿ ਪੰਜਾਬ ਪਹਿਲਾਂ ਆਪਣੀ ਸ਼ਾਂਤੀ, ਭਾਈਚਾਰੇ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਪਰ ਮੌਜੂਦਾ ਸਰਕਾਰ ਦੀ ਨਾਕਾਮੀ ਕਾਰਨ ਸੂਬੇ ਵਿੱਚ ਅਪਰਾਧ ਅਤੇ ਨਸ਼ੇ ਦਾ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ।

Leave a Reply

Your email address will not be published. Required fields are marked *