ਪਠਾਨਕੋਟ, (19 ਸਤੰਬਰ, 2026)

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨਾਂ ’ਤੇ ਸਿੱਧਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਠਾਨਕੋਟ ਵਿੱਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਮੁਹਿੰਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਨਬੀਨ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਕੋਈ ਜਵਾਬ ਨਹੀਂ ਦੇਣਾ ਚਾਹੁੰਦੇ, ਸਗੋਂ ਪੰਜਾਬ ਦੇ ਲੋਕ ਹੀ ਉਨ੍ਹਾਂ ਦੇ ਬਿਆਨਾਂ ਦਾ ਜਵਾਬ ਦੇਣਗੇ।

ਨਿਤਿਨ ਨਬੀਨ ਨੇ ਕਿਹਾ, “ਮੈਂ ਭਗਵੰਤ ਮਾਨ ਨੂੰ ਕੋਈ ਜਵਾਬ ਨਹੀਂ ਦੇਣਾ। ਪੰਜਾਬ ਦੇ ਲੋਕ ਉਨ੍ਹਾਂ ਨੂੰ ਜਵਾਬ ਦੇਣਗੇ।” ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਵਿੱਚ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ।

ਭਗਵੰਤ ਮਾਨ ਨੇ ਭਾਜਪਾ ਦੀ ਮੁਹਿੰਮ ’ਤੇ ਚੁੱਕੇ ਸਨ ਸਵਾਲ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਪ੍ਰਸਤਾਵਿਤ ਯਾਤਰਾ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਸਵਾਲ ਚੁੱਕੇ ਸਨ। ਮਾਨ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ ਯਾਤਰਾ

ਭਾਜਪਾ ਵੱਲੋਂ 18 ਸਤੰਬਰ ਤੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਾਰ ਯਾਤਰਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਯਾਤਰਾਵਾਂ ਦਾ ਮਕਸਦ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਾ ਹੈ। ਯਾਤਰਾਵਾਂ ਕਰੀਬ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਣਗੀਆਂ।

ਨਿਤਿਨ ਨਬੀਨ ਨੇ ਪਠਾਨਕੋਟ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾਈ। ਭਾਜਪਾ ਦਾ ਕਹਿਣਾ ਹੈ ਕਿ ਇਸ ਮੁਹਿੰਮ ਰਾਹੀਂ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਖ਼ਿਲਾਫ਼ ਮੁਹਿੰਮ ਨੂੰ ਸੂਬੇ ਦੇ ਹਰ ਹਿੱਸੇ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *