ਚੰਡੀਗੜ੍ਹ, 3 ਨਵੰਬਰ, 2026
ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ! ਸੰਗਰੂਰ ’ਚ ਕਰਨਗੇ ਰੈਲੀ, ‘ਮਿਸ਼ਨ 2027’ ਦਾ ਵਜਾਉਣਗੇ ਚੋਣ ਬਿਗੁਲ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਪਹੁੰਚ ਰਹੇ ਹਨ। ਉਹ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਵੱਲੋਂ ਇਸ ਦੌਰੇ ਨੂੰ ‘ਮਿਸ਼ਨ 2027’ ਦੀਆਂ ਤਿਆਰੀਆਂ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।
ਮਾਲਵਾ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣ ਦੀ ਰਣਨੀਤੀ
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਦੇ ਦੌਰੇ ਦੀ ਪੁਸ਼ਟੀ ਕਰਦਿਆਂ ਕਿਹਾ ਸੀ ਕਿ ਮਾਲਵਾ ਖੇਤਰ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਮਹੱਤਵਪੂਰਨ ਹਿੱਸਾ ਹੈ। ਇਸ ਦੌਰੇ ਰਾਹੀਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਸਰਗਰਮ ਹੋਣ ਦਾ ਸੁਨੇਹਾ ਦਿੱਤਾ ਜਾਵੇਗਾ।
ਨਸ਼ਿਆਂ ਦੇ ਮੁੱਦੇ ’ਤੇ ਵੀ ਹੋ ਸਕਦੀ ਹੈ ਚਰਚਾ
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਸੰਗਰੂਰ ਵਿੱਚ ਰੈਲੀ ਤੋਂ ਇਲਾਵਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਇਨ੍ਹਾਂ ਮੁਲਾਕਾਤਾਂ ਦਾ ਅੰਤਿਮ ਪ੍ਰੋਗਰਾਮ ਅਜੇ ਸਪੱਸ਼ਟ ਨਹੀਂ ਕੀਤਾ ਗਿਆ।
ਪੰਜਾਬ ਕਾਂਗਰਸ ਨੇ ਤੇਜ਼ ਕੀਤੀਆਂ ਤਿਆਰੀਆਂ
ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਸੀਨੀਅਰ ਆਗੂ ਪੰਜਾਬ ਵਿੱਚ ਪਾਰਟੀ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮ ਹਨ। ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਹੁਣ ਸਭ ਦੀਆਂ ਨਜ਼ਰਾਂ 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੇ ਰਾਹੁਲ ਗਾਂਧੀ ਦੇ ਪ੍ਰੋਗਰਾਮ ’ਤੇ ਟਿਕੀਆਂ ਹੋਈਆਂ ਹਨ।

