20 ਨਵੰਬਰ, 2026

ਚੰਡੀਗੜ੍ਹ: ਪੰਜਾਬ ਵਿੱਚ ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਤ ਕੰਮਾਂ ਲਈ 22 ਨਵੰਬਰ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਅਤੇ ਵੇਰਵਿਆਂ ‘ਚ ਸੁਧਾਰ ਦਾ ਮਿਲੇਗਾ ਮੌਕਾ
ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਲੋਕ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕਰ ਸਕਣਗੇ। ਜਿਨ੍ਹਾਂ ਲੋਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ ਨਵੀਂ ਵੋਟ ਬਣਾਉਣ ਲਈ ਅਰਜ਼ੀ ਦੇ ਸਕਣਗੇ। ਇਸ ਤੋਂ ਇਲਾਵਾ ਵੋਟਰ ਵੇਰਵਿਆਂ ਵਿੱਚ ਗਲਤੀ ਹੋਣ ‘ਤੇ ਸੋਧ ਲਈ ਵੀ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ।

18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਬਣਵਾ ਸਕਣਗੇ ਵੋਟ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਯੋਗਤਾ ਦੀ ਮਿਤੀ 1 ਜਨਵਰੀ, 2027 ਰੱਖੀ ਗਈ ਹੈ। ਜਿਹੜੇ ਨੌਜਵਾਨ ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰ ਲੈਣਗੇ, ਉਹ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਅਪਲਾਈ ਕਰ ਸਕਦੇ ਹਨ।

11 ਦਸੰਬਰ ਤੱਕ ਦਰਜ ਕਰਵਾਏ ਜਾ ਸਕਣਗੇ ਦਾਅਵੇ ਤੇ ਇਤਰਾਜ਼
ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਮਿਤੀ 11 ਦਸੰਬਰ, 2026 ਹੈ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਅਨਿੰਦਿਤਾ ਮਿੱਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਹੋਣਾ ਜ਼ਰੂਰੀ ਹੈ।

Leave a Reply

Your email address will not be published. Required fields are marked *